**ਜਲੰਧਰ ਪੱਛਮੀ ਜ਼ਿਮਨੀ ਚੋਣ ਸਮੇਂ ਸਾਂਝਾ ਫਰੰਟ ਵਲੋਂ 06 ਜੁਲਾਈ ਨੂੰ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਪੈਨਸ਼ਨਰ ਹੋਣਗੇ ਸ਼ਾਮਲ: ਭੱਟੀ,ਕੌੜਾ,ਸੰਧੂ*

**ਜਲੰਧਰ ਪੱਛਮੀ ਜ਼ਿਮਨੀ ਚੋਣ ਸਮੇਂ ਸਾਂਝਾ ਫਰੰਟ ਵਲੋਂ 06 ਜੁਲਾਈ ਨੂੰ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਪੈਨਸ਼ਨਰ ਹੋਣਗੇ ਸ਼ਾਮਲ: ਭੱਟੀ,ਕੌੜਾ,ਸੰਧੂ**

ਫ਼ਗਵਾੜਾ:28 ਜੂਨ ‌‌ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਸਵਾ ਦੋ ਸਾਲ ਦੇ ਸਮੇਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਦਿਖਾਈ ਜਾ ਰਹੀ ਬੇਰੁਖੀ ਅਤੇ ਹੱਕੀ ਅਤੇ ਜ਼ਾਇਜ਼ ਮੰਗਾਂ ਦਾ ਨਿਪਟਾਰਾ ਕਰਨ‌ ਲਈ ਸਾਂਝਾ ਫਰੰਟ ਦੇ ਆਗੂਆਂ ਨਾਲ ਕਿਸੇ ਗੁੱਝੀ ਸਾਜਿਸ਼ ਦੇ ਅਧੀਨ ਗੱਲਬਾਤ ਕਰਨ ਤੋਂ ਵਾਰ ਵਾਰ ਟਾਲ਼ਾ ਵੱਟਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਨਾਂ ਅੰਦਰ ਪੰਜਾਬ ਸਰਕਾਰ ਪ੍ਰਤੀ ਅਥਾਹ ਨਰਾਜ਼ਗੀ ਪਾਈ ਜਾ ਰਹੀ ਹੈ, ਪੰਜਾਬ ਸਰਕਾਰ ਨੂੰ ਲੰਘੀਆਂ ਲੋਕ ਸਭਾ ਚੋਣਾਂ ਵਿੱਚ 13–0 ਦੇ ਦਿੱਤੇ ਨਾਅਰੇ ਦਾ ਤਿੰਨ ਸੀਟਾਂ ਤੱਕ ਸਿਮਟਣ ਦੇ ਰੂਪ ਵਿੱਚ ਖਮਿਆਜ਼ਾ ਵੀ ਵੱਡੇ ਪੱਧਰ ਤੇ ਭੁਗਤਣਾ ਪਿਆ ਹੈ।

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਦਿਖਾਏ ਜਾ ਰਹੇ ਅਵੇਸਲੇਪਣ ਦੀ ਤਿੱਖੀ ਨੁਕਤਾਚੀਨੀ ਕਰਦੇ ਹੋਏ ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ, ਸਰਪ੍ਰਸਤ ਕਰਨੈਲ ਸਿੰਘ ਸੰਧੂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਹੋਰ ਸਬਕ ਸਿਖਾਉਣ ਲਈ ਹੁਣ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ 06 ਜੁਲਾਈ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਵਲੋਂ ਝੰਡਾ ਮਾਰਚ ਕੀਤਾ ਜਾ ਰਿਹਾ ਹੈ ਤਾਂ ਜੋ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਰੁੱਖੇ ਵਤੀਰੇ ਅਤੇ ਆਮ ਲੋਕਾਂ ਪ੍ਰਤੀ ਨੀਤੀਆਂ ਬਾਰੇ ਜਾਣੂ ਕਰਵਾ ਕੇ,10ਜੁਲਾਈ ਨੂੰ ਹੋ ਰਹੀ ਵਿਧਾਨ ਸਭਾ ਦੀ ਚੋਣ ਸਮੇਂ ਆਪਣੇ ਬੇਸ਼ਕੀਮਤੀ ਵੋਟ ਦੀ ਸਹੀ ਸਹੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਸਕੇ।

ਆਗੂਆਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਕੱਚੇ, ਠੇਕਾ, ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨ੍ਹਾਂ ਸ਼ਰਤ ਪੱਕਾ ਕਰਵਾਉਣ,ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ ਤੇ 2.59 ਦਾ ਗੁਣਾਕ ਲਾਗੂ ਕਰਵਾਉਣ,1972 ਦੇ ਪੈਨਸ਼ਨ ਨਿਯਮਾਂ ਮੁਤਾਬਕ 01-01-2004 ਤੋਂ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਲਾਗੂ ਕਰਵਾਉਣ, ਖਰਖ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ,17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ,ਪੇਂਡੂ ਅਤੇ ਬਾਰਡਰ ਭੱਤੇ ਸਮੇਤ ਕੱਟੇ ਗਏ 37 ਭੱਤੇ ਅਤੇ ਏ. ਸੀ. ਪੀ. ਬਹਾਲ ਕਰਵਾਉਣ, 01-01-16 ਤੋਂ 30-06-2021 ਤੱਕ ਸਕੇਲਾਂ ਦੀ ਰਵੀਜ਼ਨ ਦੇ ਬਕਾਏ ਯੱਕ-ਮੁਸ਼ਤ ਅਦਾ ਕਰਵਾਉਣ, 01-01-2016 ਤੋਂ 113 ਫੀਸਦੀ ਡੀ.ਏ ਦੀ ਬਜਾਇ ਮਾਨਯੋਗ ਹਾਈਕੋਰਟ ਦੇ ਫੈਸਲੇ ਮੁਤਾਬਕ 119 ਫੀਸਦੀ ਡੀ.ਏ. ਨਾਲ ਪੈਨਸ਼ਨ ਅਤੇ ਤਨਖਾਹ ਦੁਹਰਾਈ ਕਰਵਾਉਣ, ਡੀ.ਏ 38% ਤੋ ਵਧਾਕੇ ਕੇਂਦਰੀ ਤਰਜ਼ ਤੇ 50% ਕਰਵਾਉਣ, 200 ਰੁਪੈ ਵਿਕਾਸ ਟੈਕਸ ਬੰਦ ਕਰਵਾਉਣ,ਮੈਡੀਕਲ ਭੱਤਾ 2000/-ਰੁਪਏ ਕਰਵਾਉਣ ਅਤੇ ਕੈਸ਼ ਲੈੱਸ ਹੈੱਲਥ ਸਕੀਮ ਸੋਧ ਕੇ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਹੈ ਅਤੇ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਸਮੂਹ ਮੈਂਬਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ 06 ਜੁਲਾਈ ਦੇ ਸਾਂਝਾ ਫਰੰਟ ਦੇ ਝੰਡਾ ਮਾਰਚ ਵਿੱਚ ਸ਼ਾਮਲ ਹੋਣ ਲਈ ਆਪਣੀਆਂ ਤਿਆਰੀਆਂ ਲਗਾਤਾਰ ਜਾਰੀ ਰੱਖੀਆਂ ਜਾਣ ਅਤੇ ਉਸ ਦਿਨ ਵੱਧ ਤੋਂ ਵੱਧ ਗਿਣਤੀ ਵਿੱਚ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਸ਼ਾਮਲ ਹੋ ਕੇ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਪਾਓ ਤਾਂ ਜੋ ਮੰਗਾਂ ਦਾ ਯੋਗ ਹੱਲ ਕਰਨ ਲਈ ਪੰਜਾਬ ਸਰਕਾਰ ਤੇ ਵੱਧ ਤੋਂ ਵੱਧ ਦਬਾਅ ਬਣਾਇਆ ਜਾ ਸਕੇ।

ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਸੀਤਲ ਰਾਮ ਬੰਗਾ,ਪ੍ਰਮੋਦ ਕੁਮਾਰ ਜੋਸ਼ੀ, ਨਿਰਮੋਲਕ ਸਿੰਘ ਹੀਰਾ,ਗੁਰਨਾਮ ਸਿੰਘ ਸੈਣੀ,ਗੁਰਦੀਪ ਕੁਮਾਰ ਜੱਸੀ,ਸਾਧੂ ਰਾਮ ਜੱਖੂ,ਹਰਭਜਨ ਲਾਲ ਕੌਲ ,ਕੇ ਕੇ ਪਾਂਡੇ,ਕ੍ਰਿਸ਼ਨ ਗੋਪਾਲ, ਸ਼੍ਰੀ ਰਾਮ,ਅਸ਼ਵਨੀ ਕੁਮਾਰ ਆਦਿ ਆਗੂ ਹਾਜ਼ਰ ਸਨ।

Scroll to Top