ਦਾਖ਼ਲਾ ਮੁਹਿੰਮ ਅਤੇ ਨਵੇਂ ਵਿੱਦਿਅਕ ਸੈਸ਼ਨ ਨੂੰ ਲੈਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬੀਪੀਈਓ ਅਤੇ ਸੈਂਟਰ ਮੁਖੀਆਂ ਨਾਲ ਮੀਟਿੰਗ ਆਯੋਜਿਤ

ਦਾਖ਼ਲਾ ਮੁਹਿੰਮ ਅਤੇ ਨਵੇਂ ਵਿੱਦਿਅਕ ਸੈਸ਼ਨ ਨੂੰ ਲੈਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬੀਪੀਈਓ ਅਤੇ ਸੈਂਟਰ ਮੁਖੀਆਂ ਨਾਲ ਮੀਟਿੰਗ ਆਯੋਜਿਤ

ਹਰ ਘਰ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਕੀਤਾ ਜਾਵੇ ਪ੍ਰੇਰਿਤ :- ਹਰਭਗਵੰਤ ਸਿੰਘ

ਦਾਖਲਿਆਂ ਲਈ ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ – ਡੀਜੀ ਸਿੰਘ।

ਪਠਾਨਕੋਟ, 19 ਫਰਵਰੀ ( ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੱਡੇ ਪੱਧਰ ‘ਤੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਹੈ। ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਠਾਨਕੋਟ ਵਿੱਚ ਇਸ ਮੁਹਿੰਮ ਨੂੰ ਹੋਰ ਰਫ਼ਤਾਰ ਦੇਣ ਲਈ ਅੱਜ ਬੀਪੀਈਓ ਦਫ਼ਤਰ ਪਠਾਨਕੋਟ -3 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਸਮੂਹ ਬੀਪੀਈਓ ਅਤੇ ਸੈਂਟਰ ਸਕੂਲ ਮੁਖੀਆਂ ਨਾਲ ਨਵੇਂ ਦਾਖਲੇ ਅਤੇ ਨਵੇਂ ਵਿੱਦਿਅਕ ਸੈਸ਼ਨ ਨੂੰ ਲੈਕੇ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀ ਡੀਜੀ ਸਿੰਘ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਵਿਸਤਾਰ ਨਾਲ ਦਾਖ਼ਲਾ ਮੁਹਿੰਮ ਦੇ ਹਰ ਪੱਖ ਦਾ ਰਿਵਿਊ ਕੀਤਾ ਅਤੇ ਸਕੂਲ ਮੁਖੀਆਂ ਨੂੰ ਸਕੂਲ ਨੂੰ ਸਾਫ਼ ਸੁਥਰਾ ਰੱਖਣ, ਮਿਡ ਡੇ ਮੀਲ ਮੀਨੂੰ ਅਨੁਸਾਰ ਬਣਾਉਣ ਅਤੇ ਸਮੂਚਾ ਰਿਕਾਰਡ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਅਪਡੇਟ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਨੇ ਦੱਸਿਆ ਕਿ ਇਸ ਸਾਲ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ, ਜਿਸ ਵਿੱਚ ਸਿੱਖਿਆ ਅਧਿਕਾਰੀ, ਅਧਿਆਪਕ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਘਰ ਘਰ ਤੱਕ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਸਾਲ ਦਾਖਲੇ ਵਿੱਚ ਵਾਧੇ ਦਾ 10 ਫੀਸਦੀ ਟੀਚਾ ਰੱਖਿਆ ਗਿਆ ਹੈ ਜਿਸ ਨੂੰ ਹਰ ਹਾਲਤ ਵਿੱਚ ਹਾਸਿਲ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵੱਡੀ ਯੋਜਨਾ ਉਲੀਕੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਬਲਾਕਾਂ ਵਿੱਚ ਪੜਾਅਵਾਰ ਪ੍ਰੇਰਣਾਦਾਇਕ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮ ਜ਼ਿਲ੍ਹਾ ਨੋਡਲ ਅਫ਼ਸਰ ਦਾਖ਼ਲਾ ਕਮੇਟੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ। ਇਸ ਦਾਖ਼ਲਾ ਅਭਿਆਨ ਦੌਰਾਨ ਅਧਿਆਪਕ ਸਮਾਜ ਵਿੱਚ ਰਾਬਤਾ ਕਾਇਮ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿੱਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲਾ ਮੁਹਿੰਮ ਨੂੰ ਪਿੰਡਾਂ ਦੇ ਸਰਪੰਚਾਂ, ਪੰਚਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਪਿੰਡ ਦੇ ਮੋਹਤਬਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਦਾਖ਼ਲਾ ਮੁਹਿੰਮ ਦੌਰਾਨ ਘਰਾਂ ਘਰਾਂ ਵਿੱਚ ਨਾਲ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਪੀਈਓ ਨਰੇਸ਼ ਪਨਿਆੜ, ਬੀਪੀਈਓ ਪੰਕਜ ਅਰੋੜਾ, ਬੀਪੀਈਓ ਕੁਲਦੀਪ ਸਿੰਘ, ਬੀਪੀਈਓ ਰਾਕੇਸ਼ ਕੁਮਾਰ , ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਮੇਤ ਸਮੂਹ ਸੈਂਟਰ ਸਕੂਲ ਮੁਖੀ ਹਾਜ਼ਰ ਸਨ।
ਫੋਟੋ ਕੈਪਸ਼ਨ:- ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ।

Scroll to Top