
ਪ ਸ ਸ ਫ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ , ਜਲੰਧਰ ਵਿਖੇ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਨਵਾਂ ਜ਼ਮਾਨਾ ਅਖ਼ਬਾਰ ਨੂੰ ਚਲਾਉਣ ਵਾਲੀ ਸੰਸਥਾ ਅਰਜਨ ਸਿੰਘ ਗੜਗੱਜ ਫਾਉਂਡੇਸ਼ਨ ਦੇ ਸਕੱਤਰ ਸਾਥੀ ਗੁਰਮੀਤ ਸ਼ੁਗਲੀ ਜੀ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਅਰਜਨ ਸਿੰਘ ਗੜਗੱਜ ਫਾਉਂਡੇਸ਼ਨ ਦੇ ਸਮੁੱਚੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਆਖਿਆ ਕਿ ਪੰਜਾਬ ਸਰਕਾਰ ਲਾਰੇ ਲੱਪੇ ਲਾ ਕੇ ਸਿਰਫ ਤੇ ਸਿਰਫ ਡੰਗ ਟਪਾਈ ਹੀ ਕਰ ਰਹੀ ਹੈ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਨਹੀਂ ਕੀਤੀ ਜਾ ਰਹੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਗਈ ਨੀਤੀ ਅੱਜ ਤੱਕ ਦੀਆਂ ਸਾਰੀਆਂ ਨੀਤੀਆਂ ਨਾਲੋਂ ਘਟੀਆ ਹੈ ਜਿਹੜੀ ਕੇ ਸਿਰਫ 58 ਸਾਲ ਤੱਕ ਸਰਵਿਸ ਕਰਨ ਦੀ ਗਰੰਟੀ ਹੀ ਦਿੰਦੀ ਹੈ,ਅਤੇ ਹੋਰ ਕੋਈ ਵੀ ਪੱਕੇ ਮੁਲਾਜ਼ਮਾਂ ਵਾਲਾ ਲਾਭ ਨਹੀਂ ਦਿੰਦੀ, ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਕੇ ਹੁਣ ਇਸਨੂੰ ਕੇਂਦਰ ਸਰਕਾਰ ਨਾਲ ਨੂੜਿਆ ਜਾ ਰਿਹਾ ਹੈ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਦੁਗਣੇ ਕਰਨ ਦੇ ਆਪਣੇ ਵਾਅਦੇ ਤੋਂ ਸਰਕਾਰ ਭੱਜ ਚੁੱਕੀ ਹੈ ਅਤੇ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਆਊਟਸੋਰਸ, ਇਨਲਿਸਟਮੈਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਤਨਖਾਹ ਕਮਿਸ਼ਨ ਦੇ 5 ਸਾਲ 6 ਮਹੀਨੇ ਦੇ ਬਕਾਏ ਯਕਮੁਸ਼ਤ ਅਦਾ ਕਰਨ ਦੀ ਬਜਾਏ 42 ਅਤੇ 36 ਮਹੀਨਿਆਂ ਵਿੱਚ ਦੇਣ ਦੀ ਖੋਖਲੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਇਹਨਾਂ ਕਿਸਤਾਂ ਰਾਹੀਂ ਦਿੱਤੇ ਜਾਣ ਵਾਲੇ ਬਕਾਇਆ ਵਿੱਚ ਕਮਾਈ ਛੁੱਟੀ ਦੇ ਬਕਾਏ ਸਬੰਧੀ ਅਜੇ ਤੱਕ ਸੋਫਟਵੇਅਰ ਅਪਡੇਟ ਕਰਨ ਦੀ ਕੋਈ ਵਿਵਸਥਾ ਹੀ ਨਹੀਂ ਕੀਤੀ ਗਈ ਹੈ। ਕੇਂਦਰ ਨਾਲੋਂ 13 ਪ੍ਰਤੀਸ਼ਤ ਮਹਿਗਾਈ ਭੱਤਾ ਘੱਟ ਦੇ ਕੇ ਇਸ ਨੂੰ ਡੀ-ਲਿੰਕ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਈ. ਏ. ਐਸ. ਅਫਸਰਾਂ ਨੂੰ ਸਭ ਕੁਝ ਦਿੱਤਾ ਜਾ ਰਿਹਾ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਦੱਬੇ ਹੋਏ ਹਨ, 01.01.2016 ਨੂੰ ਤਨਖਾਹ ਤੇ ਪੈਨਸ਼ਨ ਫ਼ਿਕਸ ਕਰਨ ਸਮੇਂ ਬਣਦੇ 125% ਮਹਿੰਗਾਈ ਭੱਤੇ ਨੂੰ ਆਧਾਰ ਨਹੀਂ ਮੰਨਿਆ ਜਾ ਰਿਹਾ, ਮੁਲਾਜ਼ਮਾਂ ਨੂੰ ਮਿਲ ਰਹੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਸੋਧਣ ਦੇ ਨਾਂ ‘ਤੇ ਬੰਦ ਕਰਕੇ ਰੱਖੇ ਹੋਏ ਹਨ, ਪ੍ਰੋਬੇਸ਼ਨ ਪੀਰੀਅਡ ਦੇ ਨਾਂ ‘ਤੇ ਮੁਢਲੀ ਤਨਖਾਹ ਦੇ ਕੇ ਤਿੰਨ ਸਾਲ ਤੱਕ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਜਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪ ਦਿੱਤੇ ਗਏ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ , ਪ੍ਰੋਵੇਸ਼ਨਲ ਪੀਰੀਅਡ ਸਬੰਧੀ ਅਤੇ ਕੇਂਦਰੀ ਤਨਖਾਹ ਸਕੇਲਾਂ ਸਬੰਧੀ ਜੋ ਮਾਨਯੋਗ ਉੱਚ ਅਦਾਲਤ ਦੇ ਫੈਸਲੇ ਮੁਲਾਜ਼ਮਾਂ ਦੇ ਹੱਕ ਵਿੱਚ ਆ ਰਹੇ ਹਨ ਉਹਨਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਜਰਨਲਾਈਜ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਦੇ ਨਾਂ ਤੇ 200 ਰੁਪਏ ਜਜੀਆ ਪਹਿਲਾਂ ਮੁਲਾਜ਼ਮਾਂ ਅਤੇ ਹੁਣ ਪੈਨਸ਼ਨਰਾਂ ਤੋਂ ਵੀ ਵਸੂਲਿਆ ਜਾ ਰਿਹਾ ਹੈ। ਪ ਸ ਸ ਫ ਵੱਲੋਂ ਪੰਜਾਬ ਦੇ ਸਭ ਵਰਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 14 ਜੂਨ ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਵੀ ਕੀਤੀ ਗਈ। ਪ ਸ ਸ ਫ ਵੱਲੋਂ 12 ਜੂਨ ਨੂੰ ਐਨ.ਪੀ.ਐਸ. ਮੁਲਾਜ਼ਮਾਂ ਵੱਲੋਂ ਅਤੇ 15 ਜੂਨ ਨੂੰ ਬਿਜਲੀ ਮੁਲਾਜ਼ਮਾ ਅਤੇ ਪੈਨਸ਼ਨਰਾਂ ਵੱਲੋਂ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਕੀਤੇ ਜਾ ਰਹੇ ਰੋਸ ਮਾਰਚਾਂ ਦੀ ਵੀ ਹਮਾਇਤ ਕੀਤੀ। ਅੱਜ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ ਜੋ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ ਉਸ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇਗਾ । ਮੀਟਿੰਗ ਵਿੱਚ ਪ੍ਰੇਮ ਖਲਵਾੜਾ,ਵੇਦ ਰਾਜ, ਕਰਨੈਲ ਫਿਲੌਰ, ਬਲਜੀਤ ਸਿੰਘ ਕੁਲਾਰ, ਸੁਖਵਿੰਦਰ ਸਿੰਘ ਮੱਕੜ,ਅਕਲ ਚੰਦ ਸਿੰਘ, ਕੁਲਦੀਪ ਵਾਲੀਆ, ਦਿਲਬਾਗ ਸਿੰਘ, ਰਾਜਿੰਦਰ ਸਿੰਘ ਭੋਗਪੁਰ, ਮਨਜਿੰਦਰ ਸਿੰਘ ਤਲਵਣ,ਓਮ ਪ੍ਰਕਾਸ਼,ਮੁਲਖ ਰਾਜ, ਸੁਖਵਿੰਦਰ ਰਾਮ, ਜਤਿੰਦਰ ਸਿੰਘ, ਧਰਮਿੰਦਰ ਕੁਮਾਰ, ਕੁਲਵੰਤ ਰਾਮ ਰੁੜਕਾ, ਰਤਨ ਸਿੰਘ, ਕੁਲਦੀਪ ਸਿੰਘ ਕੌੜਾ ਆਦਿ ਆਗੂ ਹਾਜਰ ਸਨ।