ਮੀਟਿੰਗ ਦਾ ਸਮਾਂ ਦੇ ਕੇ ਮੁੜ ਨਹੀ ਪੁੱਜੇ ਕੈਬਿਨਟ ਸਬ ਕਮੇਟੀ ਦੇ ਮੰਤਰੀ
ਮੁਲਾਜ਼ਮਾਂ ਵੱਲੋਂ 13 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਅਤੇ ਗੁਪਤ ਐਕਸ਼ਨ ਦਾ ਐਲਾਨ

11 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ
ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ
ਮਿਤੀ 07. 03.2024(ਜਲੰਧਰ)
ਬੀਤੇ ਦਿਨ ਮੋਹਾਲੀ ਵਿਖੇ ਕੀਤੇ ਸਘੰਰਸ਼ ਦੋਰਾਨ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ 6 ਮਾਰਚ ਦੀ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਸੀ ਪ੍ਰੰਤੂ ਅੱਜ ਮੁੜ ਕੈਬਿਨਟ ਸਬ ਕਮੇਟੀ ਦੇ ਮੰਤਰੀ ਮੁਲਾਜਮਾਂ ਨਾਲ ਮੀਟਿੰਗ ਕਰਨ ਨਾ ਪਹੁੰਚੇ।
ਪੰਜਾਬ ਭਵਨ ਵਿਖੇ ਅਧਿਕਾਰੀਆਂ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਤੇ ਵਿਚਾਰ ਚਰਚਾ ਕੀਤੀ ਅਤੇ 11 ਮਾਰਚ ਨੂੰ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਦਾ ਵਾਅਦਾ ਕੀਤਾ।
ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੈਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫ਼ਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ । ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਸੁਖਰਾਜ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ 11 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਇਕੱਠ ਕਰਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰਹੇਗੀ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 11 ਮਾਰਚ ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਹੋਇਆ ਤਾ 13 ਮਾਰਚ ਨੂੰ ਸੂਬਾ ਪੱਧਰੀ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ ਅਤੇ ਨਾਲ ਗੁਪਤ ਐਲਾਨ ਵੀ ਕੀਤਾ ਜਾਵੇਗਾ।