ਮੁੱਖ ਮੰਤਰੀ ਦੇ ਲਾਰਿਆਂ ਦੀ ਪੰਡ ਫੂਕ ਕੇ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ, ਜਲੰਧਰ ਨੇ ਆਪਣਾ ਰੋਸ ਪ੍ਰਗਟਾਇਆ।*

*ਮੁੱਖ ਮੰਤਰੀ ਦੇ ਲਾਰਿਆਂ ਦੀ ਪੰਡ ਫੂਕ ਕੇ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ, ਜਲੰਧਰ ਨੇ ਆਪਣਾ ਰੋਸ ਪ੍ਰਗਟਾਇਆ।**10 ਅਗਸਤ ਦੀ ਲੁਧਿਆਣਾ ਮੀਟਿੰਗ ਵਿੱਚ ਤਿੱਖੇ ਐਕਸਨ ਦਾ ਐਲਾਨ ਕਰੇਗਾ ਸਾਂਝਾ ਫਰੰਟ ।*ਜਲੰਧਰ 6ਅਗਸਤ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜਲੰਧਰ ਵੱਲੋਂ ਪੁੱਡਾ ਗਰਾਊਂਡ ਜਲੰਧਰ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ । ਮੁੱਖ ਮੰਤਰੀ ਦੀ ਡੰਗ ਟਪਾਊ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਲਗਾਤਾਰ ਮੀਟਿੰਗ ਮੁਲਤਵੀ ਕਰਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ , ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰ ਨਵਪ੍ਰੀਤ ਸਿੰਘ ਬੱਲੀ, ਸੁਰਿੰਦਰ ਕੁਮਾਰ ਪੁਆਰੀ, ਪਿਆਰਾ ਸਿੰਘ, ਹਰਬੰਸ ਲਾਲ ਜਲੰਧਰ ਨੇ ਦੱਸਿਆ ਕਿ ਜਲੰਧਰ ਪੱਛਮੀ ਦੀ ਜਿਮਨੀ ਚੋਣ ਮੌਕੇ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 06 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਐਕਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਂਝਾ ਫਰੰਟ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ 01 ਜੁਲਾਈ ਨੂੰ ਮੀਟਿੰਗ ਕਰਨ ਲਈ ਲਿਖਤੀ ਸੱਦਾ ਪੱਤਰ ਦਿੱਤਾ ਗਿਆ, ਇਸ ਸੱਦਾ ਪੱਤਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਕ ਜੁਲਾਈ ਨੂੰ ਕਬਾਨਾ ਕਲੱਬ ਫਗਵਾੜਾ ਵਿੱਚ ਸਾਂਝਾ ਫਰੰਟ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਦੇ ਦੋ ਕੈਬਨਿਟ ਮੰਤਰੀ , ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਮੌਕੇ ਤੇ ਮੌਜੂਦ ਸਨ । ਇਸ ਮੌਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਚਰਚਾ ਕਰਦਿਆਂ ਮੁੱਖ ਮੰਤਰੀ ਵੱਲੋਂ ਇਹ ਆਖਿਆ ਗਿਆ ਕਿ ਹੁਣ ਚੋਣ ਜਾਬਤਾ ਲੱਗਿਆ ਹੋਇਆ ਹੈ, ਇਸ ਕਰਕੇ ਹੁਣ ਕਿਸੇ ਵੀ ਮੰਗ ਮੰਨਣ ਦਾ ਐਲਾਨ ਨਹੀਂ ਕੀਤਾ ਜਾ ਸਕਦਾ , ਇਸ ਲਈ ਸਾਂਝਾ ਫਰੰਟ ਨਾਲ ਦੁਬਾਰਾ 25 ਜੁਲਾਈ ਨੂੰ ਠੀਕ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਵੇਗੀ । ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਹੁਣ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ 25 ਜੁਲਾਈ ਦੀ ਤੇ ਹੁਣ 02 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਮੀਟਿੰਗ 22 ਅਗਸਤ ਤੇ ਪਾ ਦਿੱਤੀ ਗਈ ਹੈ। ਇਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਲਗਾਤਾਰ ਡੰਗ ਟਪਾਉ ਨੀਤੀ ਤੇ ਚਲਦੀ ਹੋਈ ਚੋਣ ਜਾਬਤਾ ਦੁਬਾਰਾ ਲੱਗਣ ਦੀ ਉਡੀਕ ਕਰ ਰਹੀ ਹੈ ਅਤੇ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰ ਕੋਲ ਸਾਡੀਆਂ ਮੰਗਾਂ ਪ੍ਰਤੀ ਸਾਡੀਆਂ ਦਲੀਲਾਂ ਦਾ ਕੋਈ ਜਵਾਬ ਨਹੀਂ ਹੈ, ਜਿਸ ਕਰਕੇ ਸਰਕਾਰ ਮੀਟਿੰਗਾਂ ਤੋਂ ਭੱਜਦੀ ਆ ਰਹੀ ਹੈ। ਇਸ ਲਈ ਸਾਂਝਾ ਫਰੰਟ ਦੇ ਕੀਤੇ ਐਲਾਨ ਮੁਤਾਬਿਕ ਅੱਜ ਪੁੱਡਾ ਗਰਾਊਂਡ ਜਲੰਧਰ ਵਿਖੇ ਲਾਰਿਆਂ ਦੀਆਂ ਪੰਡਾਂ ਅਤੇ ਮੁੱਖ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਮੁਲਾਜ਼ਮਾਂ/ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ ਅਤੇ ਇਹ ਸਰਕਾਰ ਲਾਰਾ ਲੱਪਾ ਲਗਾ ਕੇ ਡੰਗ ਟਪਾਈ ਹੀ ਕਰ ਰਹੀ ਹੈ। ਆਗੂਆਂ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਇਸ ਸਰਕਾਰ ਵਲੋਂ ਜੋ ਕਾਨੂੰਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਇਆ ਗਿਆ ਹੈ ਉਹ ਅੱਤ ਦਾ ਘਾਤਕ ਹੈ ਕਿਉਂਕਿ ਇਸ ਪਾਲਸੀ ਰਾਹੀਂ ਪੱਕੇ ਹੋਣ ਵਾਲੇ ਮੁਲਾਜ਼ਮ ਦੀਆਂ ਤਨਖਾਹਾਂ ਵਿੱਚ ਹੀ ਮਮੂਲੀ ਵਾਧਾ ਹੋਵੇਗਾ ਇਹਨਾਂ ਨੂੰ ਹੋਰ ਕੋਈ ਪੱਕਿਆਂ ਵਾਲੀ ਰਾਹਤ ਨਹੀਂ ਮਿਲੇਗੀ ਅਤੇ ਇਸ ਪਾਲਸੀ ਨੇ ਦਰਜਾ ਚਾਰ ਦੇ ਉੱਤੇ ਵਾਧੂ ਦੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਆਊਟਸੋਰਸ , ਇਨਲਿਸਟਮੈਂਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਬਾਹਰ ਕਰ ਦਿੱਤਾ ਹੈ , ਮਿਡ ਡੇ ਮੀਲ ਕੁੱਕ ਵਰਕਰਾਂ, ਆਸ਼ਾ ਵਰਕਰਾਂ ਅਤੇ ਆਗਣਵਾੜੀ ਵਰਕਰਾਂ /ਹੈਲਪਰਾਂ ਦੇ ਭੱਤੇ ਦੁੱਗਣੇ ਕਰਨ ਦੇ ਆਪਣੇ ਵਾਅਦੇ ਤੋਂ ਪੰਜਾਬ ਸਰਕਾਰ ਭੱਜ ਗਈ ਹੈ , ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਉਸ ਨੂੰ ਕੇਂਦਰ ਸਰਕਾਰ ਨਾਲ ਜਬਰੀ ਬੰਨਿਆ ਜਾ ਰਿਹਾ ਹੈ, ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਕਰਨ ਤੋਂ ਵੀ ਸਰਕਾਰ ਪਿੱਛੇ ਹੱਟ ਰਹੀ ਹੈ, ਮੁਲਾਜ਼ਮ / ਪੈਨਸ਼ਨਰ ਤਨਖਾਹ ਕਮਿਸ਼ਨ ਅਤੇ ਮਹਿੰਗਾਈ ਭੱਤੇ ਦੇ ਬਕਾਏ ਉਡੀਕਦੇ – ਉਡੀਕਦੇ ਇਸ ਜਹਾਨ ਤੋਂ ਤੁਰਦੇ ਜਾ ਰਹੇ ਹਨ , ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨੀਆਂ ਤਾਂ ਦੂਰ ਦੀ ਗੱਲ ਤਨਖਾਹ ਕਮਿਸ਼ਨ ਦਾ ਦੂਜਾ ਹਿੱਸਾ ਠੰਡੇ ਬਸਤੇ ਵਿੱਚ ਪਾਇਆ ਹੋਇਆ ਹੈ ਜਿਸ ਕਰਕੇ ਮੁਲਾਜ਼ਮ ਏਸੀਪੀ ਦੇ ਲਾਭ ਤੋਂ ਵੀ ਵਾਂਝੇ ਹੋਏ ਬੈਠੇ ਹਨ, ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਜੋ 12 ਪ੍ਰਤੀਸ਼ਤ ਬਣਦੀਆਂ ਹਨ ਉਹ ਨਾ ਦੇ ਕੇ ਮਹਿਗਾਈ ਭੱਤੇ ਨੂੰ ਕੇਂਦਰ ਨਾਲੋਂ ਡੀ ਲਿੰਕ ਕੀਤਾ ਜਾ ਰਿਹਾ ਹੈ, ਪੇਂਡੂ ਭੱਤਾ, ਫਿਕਸ ਸਫਰੀ ਭੱਤਾ ਅਤੇ ਤੇਲ ਭੱਤੇ ਸਮੇਤ ਵੱਖ – ਵੱਖ ਮੁਲਾਜ਼ਮਾਂ ਨੂੰ ਮਿਲਣ ਵਾਲੇ ਵੱਖ-ਵੱਖ ਤਰਾਂ ਦੇ ਹੋਰ ਭੱਤੇ ਸੋਧਣ ਦੇ ਨਾਮ ਤੇ ਬੰਦ ਕਰਕੇ ਰੱਖ ਦਿੱਤੇ ਹਨ ਅਤੇ ਇਹ ਸਰਕਾਰ ਉਹਨਾਂ ਨੂੰ ਮੁੜ ਚਾਲੂ ਕਰਨ ਵਾਸਤੇ ਤਿਆਰ ਨਹੀਂ , ਪ੍ਰੋਬੇਸ਼ਨਲ ਪੀਰੀਅਡ ਦੌਰਾਨ ਤਿੰਨ ਸਾਲ ਮੁੱਢਲੀ ਤਨਖਾਹ ਦੇ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ , ਪੰਜਾਬ ਅੰਦਰ 16 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਜਬਰੀ ਕੇਂਦਰੀ ਤਨਖਾਹ ਸਕੇਲ ਥੋਪੇ ਜਾ ਰਹੇ ਹਨ , ਕੁੱਝ ਦੇਣ ਦੀ ਥਾਂ ਉਲਟਾ 200/- ਰੁਪਏ ਪ੍ਰਤੀ ਮਹੀਨਾ ਮੁਲਾਜ਼ਮਾਂ/ ਪੈਨਸ਼ਨਰਾਂ ਤੋਂ ਜਜੀਆ ਟੈਕਸ ਵਸੂਲਿਆ ਜਾ ਰਿਹਾ ਹੈ । ਆਗੂਆਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ / ਪੈਨਸ਼ਨਰ ਪ੍ਰਤੀ ਮਾੜੀਆਂ ਨੀਤੀਆਂ ਦੇ ਖਿਲਾਫ ਇਸ ਵਰਗ ਅੰਦਰ ਵਿਆਪਕ ਰੋਸ ਹੈ ਜਿਸ ਦਾ ਪ੍ਰਗਟਾਵਾ ਉਹ ਆਉਣ ਵਾਲੇ ਸੰਘਰਸ਼ਾਂ ਵਿੱਚ ਕਰਨਗੇ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਸੁਭਾਸ਼ ਮੱਟੂ, ਡਿੰਪਲ ਰਹੇਲਾ, ਸੁਖਵਿੰਦਰ ਸਿੰਘ ਮੱਕੜ, ਬਲਜੀਤ ਸਿੰਘ ਕੁਲਾਰ, ਰਮਨ ਗੁਪਤਾ, ਪਰਦੀਪ ਪ੍ਰਿਤਪਾਲ ਸਿੰਘ ,ਪੰਕਜ ਕੁਮਾਰ, ਗੁਰਪ੍ਰੀਤ ਸਿੰਘ, ਵਿਜੇ ਕੁਮਾਰ, ਗੁਰਦੇਵ ਰਾਮ ਚਿੱਟੀ, ਤਰਲੋਕ ਚੰਦ ਹਾਂਡਾ, ਸੰਦੀਪ ਕੰਬੋਜ, ਭਾਰਤ ਭੂਸ਼ਨ, ਮਨੋਹਰ ਲਾਲ, ਅਸ਼ਵਨੀ ਕੁਮਾਰ, ਪੁਸ਼ਪਿੰਦਰ ਕੁਮਾਰ ਵਿਰਦੀ, ਤਰਸੇਮ ਮਾਧੋਪੁਰੀ, ਵਰਿੰਦਰਵੀਰ ਸਿੰਘ, ਸੁਖਚਰਨ ਸਿੰਘ, ਮਨਵਿੰਦਰ ਹੇਲਰ, ਗੁਰਿੰਦਰ ਸਿੰਘ, ਜਸਪਾਲ ਸੰਧੂਆਦਿ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Scroll to Top