
*ਵਿਸ਼ੇਸ਼ ਅਧਿਆਪਕਾ (IERT) ਵਲੋ 15 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ* ਮਿਤੀ 08. 08.2024(ਜਲੰਧਰ ) ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਵਿਸ਼ੇਸ਼ ਅਧਿਆਪਕਾਂ (IERT) ਅਤੇ ਦਫਤਰੀ ਕਰਮਚਾਰੀਆ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ,ਡੀ.ਜੀ.ਐਸ.ਈ ਵਿਨੈ ਬੁਬਲਾਨੀ, ਡਿਪਟੀ ਐਸ ਪੀ ਡੀ ਗੁਰਮੀਤ ਕੌਰ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਆਗੂਆਂ ਵੱਲੋਂ ਵਿੱਤ ਮੰਤਰੀ ਨੂੰ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਦੌਰਾਨ ਰੈਗੂਲਰ ਕਰਨ ਦੇ ਹੋਏ ਫੈਸਲੇ ਅਨੁਸਾਰ ਹੁਣ ਤੱਕ ਕਰਮਚਾਰੀਆ ਨੂੰ ਰੈਗੂਲਰ ਨਾ ਕਰਨ ਤੇ ਰੋਸ ਜ਼ਾਹਿਰ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਮੌਜੂਦ ਅਧਿਕਾਰਆਂ ਨੂੰ 14 ਮਾਰਚ ਦੇ ਫੈਸਲੇ ਤੇ ਕੀਤੀ ਕਾਰਵਾਈ ਸਬੰਧੀ ਪੁੱਛਿਆ ਗਿਆ ਜਿਸ ਦੌਰਾਨ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਪ੍ਰਸੋਨਲ ਵਿਭਾਗ,ਵਿੱਤ ਵਿਭਾਗ ਅਤੇ ਏ.ਜੀ ਪੰਜਾਬ ਤੋਂ ਸਲਾਹ ਪ੍ਰਾਪਤ ਹੋਈ ਹੈ ਜੋ ਕਿ ਵਿਚਾਰ ਅਧੀਨ ਹੈ। ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਆਗੂ ਲਲਿਤ ਮਿਸ਼ਰਾ, ਮੈਡਮ ਬੀਨੂ ਸੂਦ ਰਾਮੇਸ਼ ਸਹਾਰਨ, ਕੁਲਦੀਪ ਸਿੰਘ, ਗੁਰਮੀਤ ਸਿੰਘ, ਸੁਖਰਾਜ ਸਿੰਘ, ਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਵਿਸ਼ੇਸ਼ ਅਧਿਆਪਕਾਂ (IERT) ਅਤੇ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਫੈਸਲੇ ਲੈਣ ਦੇ ਬਾਵਜੂਦ ਵੀ ਅਧਿਕਾਰੀਆ ਵੱਲੋਂ ਮਸਲੇ ਨੂੰ ਲਟਕਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ 15 ਦਿਨ ਦੇ ਅੰਦਰ-ਅੰਦਰ ਮਸਲਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਆਗੂਆਂ ਨੇ ਕਿਹਾ ਕਿ ਜੇਕਰ ਵਿਸ਼ੇਸ਼ ਅਧਿਆਪਕਾਂ (IERT) ਅਤੇ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਦੇ ਫੈਸਲੇ ਨੂੰ ਅਮਲੀ ਜਾਮਾ ਨਾ ਪਹਿਨਾਇਆ ਤਾਂ ਮੁਲਾਜਮ 15 ਅਗਸਤ ਨੂੰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਦੇ ਮੰਤਰੀਆਂ ਦੇ ਝੰਡਾ ਲਹਿਰਾਉਣ ਮੌਕੇ ਰੋਸ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਣਗੇ ਅਤੇ ਜ਼ਿਮਨੀ ਚੋਣਾਂ ਵਿੱਚ ਵੀ ਤਿੱਖਾ ਸੰਘਰਸ਼ ਵਿੱਢਣਗੇ।