ਲੋਕ ਸਭਾ ਚੋਣਾਂ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਮੁਲਾਜ਼ਮਾਂ-ਪੈਨਸਨਰਾਂ ਦਾ ਕੀਤਾ

**ਲੋਕ ਸਭਾ ਚੋਣਾਂ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਮੁਲਾਜ਼ਮਾਂ-ਪੈਨਸਨਰਾਂ ਦਾ ਕੀਤਾ ਧੰਨਵਾਦ**ਫ਼ਗਵਾੜਾ:09ਜੂਨ ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਸੀਨੀਅਰ ਮੀਤ ਪ੍ਰਧਾਨ ਸੀਤਲ ਰਾਮ ਬੰਗਾ ਦੀ ਪ੍ਰਧਾਨਗੀ ਹੇਠ ਹੋਈ ਮਾਸਿਕ ਮੀਟਿੰਗ ਵਿੱਚ ਪੰਜਾਬ ਅੰਦਰ ਲੋਕ ਸਭਾ ਚੋਣਾਂ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਬਕ ਸਿਖਾਉਣ ਲਈ ਪਾਏ ਯੋਗਦਾਨ ਲਈ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਆਖਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮਿਤੀ 5 ਮਈ ਦੀ ਜਲ਼ੰਧਰ ਕਨਵੈਨਸ਼ਨ ਵਿੱਚ ਕੇਂਦਰ ਸਰਕਾਰ ਨੂੰ ਹਰਾਉਣ ਅਤੇ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਦਾ ਐਲਾਨ ਕੀਤਾ ਗਿਆ ਸੀ।ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੂਰਾ ਪੂਰਾ ਯੋਗਦਾਨ ਪਾਇਆ।ਮੀਟਿੰਗ ਦੇ ਵੇਰਵੇ ਪ੍ਰੈੱਸ ਨਾਲ ਸਾਂਝੇ ਕਰਦਿਆਂ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਰਕਾਰੀ ਅਦਾਰਿਆਂ ਨੂੰ ਵੇਚਣ, ਅਸਾਮੀਆਂ ਖਤਮ ਕਰਨ, ਪੁਰਾਣੀ ਪੈਂਨਸ਼ਨ ਨੂੰ ਬਹਾਲ ਨਾ ਕਰਨ ਅਤੇ ਦੇਸ਼ ਅੰਦਰ ਫਿਰਕੂ ਰਾਜਨੀਤੀ ਕਰਨ ਕਾਰਣ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਹੱਲ ਨਾ ਕਰਨ ਕਾਰਣ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਅੰਦਰ ਭਾਰੀ ਰੋਸ ਸੀ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਂਝੇ ਫਰੰਟ ਨੂੰ ਅਜੇ ਤੱਕ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ ਗਿਆ,ਜਿਸ ਤੋਂ ਇਹ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ/ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ। ਸੂਬੇ ਅੰਦਰ ਭਾਜਪਾ ਦਾ ਖਾਤਾ ਵੀ ਨਹੀਂ ਖੁੱਲਿਆ ਹੈ ਅਤੇ ਆਪ ਨੂੰ ਵੀ ਸਿਰਫ ਤਿੰਨ ਸੀਟਾਂ ਹੀ ਮਿਲੀਆਂ ਹਨ,ਜਿਸ ਤੋਂ ਇਹ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਜੇ ਅਜੇ ਵੀ ਸਬਕ ਨਾ ਸਿੱਖਿਆ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਈ ਤਾਂ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਤਿੱਖੀ ਮੁਹਿੰਮ ਚਲਾਈ ਜਾਵੇਗੀ। ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪੰਜਾਬ ਸਟੇਟ ਪੈਂਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾਈ ਤਿਮਾਹੀ ਮੀਟਿੰਗ 12/06/2024 ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋ ਰਹੀ ਹੈ, ਜਿਸ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਪੰਜਾਬ ਸਰਕਾਰ ਵਿਰੁੱਧ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਵਿੱਚ ਆਮਦਨ ਅਤੇ ਖਰਚ ਦੇ ਵੇਰਵੇ ਵੀ ਸਾਂਝੇ ਕੀਤੇ ਗਏ। ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸਾਲ 2024 ਦਾ ਸੰਘਰਸ਼ ਫੰਡ ਜਮਾਂ ਕਰਵਾਉਣ ਦੀ ਅਪੀਲ ਵੀ ਕੀਤੀ ਗਈ‌। ਮੀਟਿੰਗ ਦੇ ਆਖ਼ਰ ਵਿੱਚ ਹਾਜ਼ਰ ਮੈਂਬਰਾਂ ਦਾ ਧੰਨਵਾਦ ਵੀ ਕੀਤਾ ਗਿਆ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸੀਤਲ ਰਾਮ ਬੰਗਾ , ਕੁਲਦੀਪ ਸਿੰਘ ਕੌੜਾ, ਪ੍ਰਮੋਦ ਕੁਮਾਰ ਜੋਸ਼ੀ , ਗੁਰਦੀਪ ਕੁਮਾਰ ਜੱਸੀ , ਗੁਰਨਾਮ ਸਿੰਘ ਸੈਣੀ,ਰਤਨ ਸਿੰਘ,ਕੇ.ਕੇ.ਪਾਂਡੇ, ਪਿਆਰਾ ਰਾਮ ਪਲਾਹੀ, ਸੁੱਚਾ ਰਾਮ, ਸਤਪਾਲ ਸਿੰਘ ਖੱਟਕੜ ਆਦਿ ਪੈਨਸ਼ਨਰ ਸਾਥੀ ਹਾਜਰ ਸਨ।

Scroll to Top