ਕੰਪਿਊਟਰ ਅਧਿਆਪਕਾਂ ਨੂੰ ਨਿਆਂ ਦਿਉ, ਪੁਲਿਸ ਨਾਕਾਬੰਦੀ ਨਹੀਂ: ਡੀ ਟੀ ਐੱਫ

ਕੰਪਿਊਟਰ ਅਧਿਆਪਕਾਂ ਨੂੰ ਨਿਆਂ ਦਿਉ, ਪੁਲਿਸ ਨਾਕਾਬੰਦੀ ਨਹੀਂ: ਡੀ ਟੀ ਐੱਫ ਚੰਡੀਗੜ੍ਹ ਪੁਲਿਸ ਕੰਪਿਊਟਰ ਅਧਿਆਪਕਾਂ ਦੇ ਰਾਹ ਵਿੱਚ ਅੜਿੱਕਾ ਨਾ ਬਣੇ: ਡੀ ਟੀ ਐੱਫ ਚੰਡੀਗੜ੍ਹ 13 ਸਤੰਬਰ ਕੰਪਿਊਟਰ ਅਧਿਆਪਕਾਂ ਵੱਲੋਂ ਪਹਿਲੀ ਸਤੰਬਰ ਤੋਂ ਸ਼ੁਰੂ ਕੀਤੇ ਸੰਗਰੂਰ ਵਿਖੇ ਰੋਸ ਪ੍ਰਦਰਸਨ ਅਤੇ ਲੜੀਵਾਰ ਭੁੱਖ ਹੜਤਾਲ ਦੇ ਸੰਘਰਸ਼ ਦੇ ਅਗਲੇ ਦੌਰ ਵਿੱਚ ਸ਼ਾਮਲ ਹੁੰਦਿਆਂ ਕੰਪਿਊਟਰ ਅਧਿਆਪਕਾਂ ਵੱਲੋਂ 14 ਸਤੰਬਰ ਨੂੰ ਮੋਹਾਲੀ ਵਿਖੇ ਡੀ ਜੀ ਐੱਸ ਈ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਰੋਸ ਮਾਰਚ ਦੇ ਐਲਾਨ ਕਰਕੇ ਚੰਡੀਗੜ੍ਹ ਪੁਲਿਸ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਬਾਰੇ ਟਿੱਪਣੀ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੰਗਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ ਅਤੇ ਇਸ ਵਾਰ ਇਸਨੇ ਪੰਜਾਬ ਪੁਲਿਸ ਦੀ ਥਾਂ ਚੰਡੀਗੜ੍ਹ ਪੁਲਿਸ ਦਾ ਸਹਾਰਾ ਲਿਆ ਹੈ, ਪਰ ਪੰਜਾਬ ਦਾ ਹਰੇਕ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕਾ ਹੈ ਅਤੇ ਸੜਕਾਂ ਤੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਬਿਜਲੀ ਮੁਲਾਜ਼ਮ, ਡਾਕਟਰ, ਅਧਿਆਪਕ, ਬੇਰੁਜ਼ਗਾਰ ਸਾਰੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਝੰਡਾ ਚੁੱਕ ਰਹੇ ਹਨ।ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ ਦੀਵਾਲੀ ਤੋਂ ਪਹਿਲਾਂ ਸਿੱਖਿਆ ਮੰਤਰੀ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿਵਾਲੀ ਮੌਕੇ ਤੋਹਫਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਆਪਣਾ ਸੰਘਰਸ਼ ਵਾਪਸ ਲੈਣ ਦਾ ਸੱਦਾ ਦਿੱਤਾ ਸੀ, ਪਰ ਇਹ ਵਾਅਦਾ ਹਾਲੇ ਤੱਕ ਪੂਰਾ ਨਹੀਂ ਹੋ ਸਕਿਆ। ਇਸ ਵਾਅਦਾ ਖਿਲਾਫੀ ਵਿਰੁੱਧ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਸੰਘਰਸ਼ ਦਾ ਮੈਦਾਨ ਭਖਾਇਆ ਹੋਇਆ ਹੈ। ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੇ ਚੱਲ ਰਹੇ ਸੰਘਰਸ਼ ਵਿੱਚ ਰੋਜ਼ਾਨਾ ਵਾਂਗ ਹਾਜ਼ਰੀ ਲੁਆਉਣ ਵਾਲੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨਾਲ ਸਬੰਧਤ ਆਗੂਆਂ ਨੇ ਅਡਿਸ਼ਨਲ ਡਾਇਰੈਕਟਰ ਜਨਰਲ ਪੁਲਿਸ ਚੰਡੀਗੜ੍ਹ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਧਰਨੇ ਦੇ ਮੱਦੇਨਜ਼ਰ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕਰਨ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਅਨੁਸਾਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਦੇ ਹੋਏ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਲਾਭ ਦੇਵੇ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਉਨ੍ਹਾਂ ਦੇ ਸੰਘਰਸ਼ ਵਿੱਚ ਪਹਿਲਾਂ ਵਾਂਗ ਹੀ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ।